Punjab/Jalandhar : ( Vijay Atwal ) : ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਤਿੰਨ ਸਿਰਮੌਰ ਜਥੇਬੰਦੀਆਂ ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਪੰਜਾਬ, ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਸਾਂਝੇ ਰੂਪ ਵਿੱਚ ਲਏ ਗਏ ਫ਼ੈਸਲੇ ਅਨੁਸਾਰ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖ਼ੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਝੰਡੇ ਹੇਠ ਦਾਣਾ ਮੰਡੀ ਵਿਖ਼ੇ ਇਕੱਠੇ ਹੋਣਗੇ ਪਿੰਡ ਸਤੌਜ ਵੱਲ ਕੂਚ ਕਰਨਗੇ ਅਤੇ ਆਪਣੀਆਂ ਹੋਰ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ।

ਇਹ ਜਾਣਕਾਰੀ ਦਿੰਦੇ ਹੋਏ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਅਤੇ ਜਨਰਲ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਮੁਲਾਜ਼ਮਾਂ ਨਾਲ ਇਹ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਕਿ ਆਉਂਦੇ ਸਾਰ ਹੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਅੱਜ ਲਗਭਗ ਪੰਜ ਸਾਲ ਦਾ ਸਮਾਂ ਪੂਰਾ ਹੋਣ ਜਾ ਰਿਹਾ ਹੈ ਜਿਸ ਦੇ ਬਾਵਜੂਦ ਅਜੇ ਤੱਕ ਵੀ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ ਗਿਆ ਜਿਸ ਦਾ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਦੇ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਬਾਰ ਬਾਰ ਮੀਟਿੰਗਾਂ ਦੇਣ ਤੋਂ ਬਾਅਦ ਵੀ ਅਜੇ ਤੱਕ ਮੁਲਾਜ਼ਮ ਆਗੂਆਂ ਨਾਲ ਪੰਜਾਬ ਸਰਕਾਰ ਵੱਲੋਂ ਕੋਈ ਮੀਟਿੰਗ ਨਹੀਂ ਕੀਤੀ ਗਈ।

ਡੀ.ਏ. ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਵਲੋਂ ਲੰਬਾ ਸੰਘਰਸ਼ ਕੀਤਾ ਗਿਆ। ਮਾਨਯੋਗ ਹਾਈ ਕੋਰਟ ਵਲੋਂ ਮੁਲਾਜ਼ਮਾਂ ਦੇ ਡੀ. ਏ. ਬਕਾਏ ਸਮੇਤ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਪੰਜਾਬ ਸਰਕਾਰ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਮੁਲਾਜ਼ਮਾਂ ਨੂੰ ਡੀ. ਏ. ਦੇਣ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ਨਾਲ ਸਮੁੱਚੇ ਮੁਲਾਜ਼ਮ ਵਰਗ ਦੇ ਮਾਣ -ਸਨਮਾਨ ਨੂੰ ਠੇਸ ਪੁੱਜੀ ਹੈ ਜਿਸ ਦਾ ਮੁਲਾਜਮਾਂ ਵਿੱਚ ਭਾਰੀ ਰੋਸ ਹੈ ਜਦਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਹਨ ਜੋ ਪੂਰੇ ਸਰਕਾਰੀ ਤੰਤਰ ਨੂੰ ਚਲਾਉਂਦੇ ਹਨ। ਸੂਬੇ ਵਿੱਚ ਚੋਣਾਂ ਦਾ ਕੰਮ, ਮਰਦਮ ਸ਼ੁਮਾਰੀ, ਡਰੱਗ ਸੇਨਸੱਸ, ਫਲੱਡ ਡਿਊਟੀ, ਬੀ. ਐਲ. ਓ ਡਿਊਟੀ ਤੋਂ ਇਲਾਵਾ ਹੋਰ ਕਈ ਤਰਾਂ ਦੀਆਂ ਡਿਊਟੀਆਂ ਮੁਲਾਜ਼ਮ ਹੀ ਨਿਭਾਉਂਦੇ ਹਨ ਫਿਰ ਉਹ ਐਂਟੀ ਸਟੇਟ ਕਿਵੇਂ ਹੋ ਗਏ। ਪੁਰਾਣੀ ਪੈਨਸ਼ਨ ਮੁਲਾਜ਼ਮ ਦੇ ਬੁੱਢਾਪੇ ਦਾ ਸਹਾਰਾ ਹੈ। ਉਨ੍ਹਾਂ ਸਾਰੇ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਕਿ 23 ਅਗਸਤ ਨੂੰ ਸਤੌਜ ਪੁੱਜ ਕੇ ਆਪਣੀ ਆਵਾਜ਼ ਬੁਲੰਦ ਕਰਨ।





