ਜਲੰਧਰ, 14 ਸਤੰਬਰ : ( Daily khabar Tv ) : ਜਲੰਧਰ ਦੀ ਪੌਸ਼ ਸੁਸਾਇਟੀ ਜਲੰਧਰ ਹਾਈਟਸ-2 ਦੇ ਡੀ-ਬਲਾਕ ‘ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 24 ਸਾਲਾ ਨੌਜਵਾਨ ਲੜਕੀ ਜੈਸਮੀਨ ਨੇ ਫਲੈਟ ਦੀ ਛੱਤ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ‘ਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਥਾਣਾ ਸਦਰ ਦੇ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੜਕੀ ਨੇ ਬਲਾਕ-ਡੀ ਦੇ ਫਲੈਟ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਜੈਸਮੀਨ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪਰੇਸ਼ਾਨ ਚੱਲ ਰਹੀ ਸੀ। ਹਾਲਾਂਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ।






